29/07/2026
Capture

ਪੰਜਾਬ ’ਚ ਲੋਕ ਸਭਾ ਸੀਟਾਂ ਦੇ ਨਤੀਜੇ ਆਉਣ ਮਗਰੋਂ ਹੁਣ ਅਗਲੇ 6 ਮਹੀਨਿਆਂ ਦੇ ਅੰਦਰ-ਅੰਦਰ 5 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਣਗੀਆਂ । ਸੰਗਰੂਰ ਲੋਕ ਸਭਾ ਸੀਟ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਜਿੱਤੀ ਹੈ। ਜਿਸ ਕਾਰਨ ਹੁਣ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਦੀ ਬਰਨਾਲਾ ਵਿਧਾਨ ਸਭਾ ਸੀਟ ਨੂੰ ਖ਼ਾਲੀ ਐਲਾਨ ਦਿੱਤਾ ਜਾਵੇਗਾ । ਇਹ ਸੀਟ ਇਸ ਸਮੇਂ ਆਮ ਆਦਮੀ ਪਾਰਟੀ ਦੇ ਕੋਲ ਹੈ । ਇਸੇ ਤਰ੍ਹਾਂ ਗਿੱਦੜਬਾਹਾ ਵਿਧਾਨ ਸਭਾ ਸੀਟ ’ਤੇ ਵੀ ਜ਼ਿਮਨੀ ਚੋਣ ਹੋਵੇਗੀ ਕਿਉਂਕਿ ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਲੁਧਿਆਣਾ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ । ਗਿੱਦੜਬਾਹਾ ਸੀਟ ਇਸ ਸਮੇਂ ਕਾਂਗਰਸ ਦੇ ਕੋਲ ਹੈ। ਗੁਰਦਾਸਪੁਰ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਲੋਕ ਸਭਾ ਸੀਟ ਤੋਂ ਚੋਣ ਜਿੱਤ ਲਈ ਹੈ, ਇਸ ਲਈ ਡੇਰਾ ਬਾਬਾ ਨਾਨਕ ਸੀਟ ਨੂੰ ਵੀ ਖ਼ਾਲੀ ਐਲਾਨ ਦਿੱਤਾ ਜਾਵੇਗਾ ।

ਉੱਥੇ ਹੀ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਚੱਬੇਵਾਲ ਵਿਧਾਨ ਸਭਾ ਸੀਟ ਦੀ ਪ੍ਰਤੀਨਿਧਤਾ ਕਰਨ ਵਾਲੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਚੋਣ ਜਿੱਤ ਗਏ ਹਨ। ਅਜਿਹੀ ਹਾਲਤ ਵਿੱਚ ਚੱਬੇਵਾਲ ਵਿਧਾਨ ਸਭਾ ਸੀਟ ’ਤੇ ਵੀ ਚੋਣ ਕਮਿਸ਼ਨ ਨੂੰ ਉਪ-ਚੋਣ ਕਰਵਾਉਣੀ ਪਵੇਗੀ । ਇਸ ਤੋਂ ਇਲਾਵਾ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਨੂੰ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਖ਼ਾਲੀ ਐਲਾਨ ਕਰ ਚੁੱਕੇ ਹਨ ਕਿਉਂਕਿ ਵਿਧਾਇਕ ਸ਼ੀਤਲ ਅੰਗੁਰਾਲ ਦਾ ਵਿਧਾਨ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਉਨ੍ਹਾਂ ਨੇ ਪ੍ਰਵਾਨ ਕਰ ਲਿਆ ਸੀ। ਇਸ ਸੀਟ ਨੂੰ ਖ਼ਾਲੀ ਐਲਾਨਣ ਪਿੱਛੋਂ ਇੱਥੇ ਵੀ ਜ਼ਿਮਨੀ ਚੋਣ ਕਰਵਾਉਣ ਦਾ ਰਾਹ ਸਾਫ਼ ਹੋ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ 5 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਨੂੰ ਵੇਖਦੇ ਹੋਏ ਸੂਬੇ ਦੀਆਂ ਸਿਆਸੀ ਪਾਰਟੀਆਂ ਦਾ ਧਿਆਨ ਆਉਣ ਵਾਲੇ 6 ਮਹੀਨਿਆਂ ਵਿੱਚ ਚੋਣ ਕਾਰਜਾਂ ਵਿੱਚ ਹੀ ਲੱਗਿਆ ਰਹੇਗਾ । ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਵੀ ਸਿੱਧਾ ਮੁਕਾਬਲਾ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਹੋਵੇਗਾ। ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਧਿਆਨ ਵੀ ਹੁਣ ਇਨ੍ਹਾਂ ਜ਼ਿਮਨੀ ਚੋਣਾਂ ਵੱਲ ਰਹੇਗਾ । ਹਾਲਾਂਕਿ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਨਗੀਆਂ ਪਰ ਫਿਰ ਵੀ ਜ਼ਿਮਨੀ ਚੋਣਾਂ ਦੇ ਨਤੀਜੇ ਆਉਣ ਵਾਲੇ ਮਹੀਨਿਆਂ ਵਿੱਚ ਪੰਜਾਬ ਦੀ ਸਿਆਸਤ ਨੂੰ ਪ੍ਰਭਾਵਿਤ ਕਰਨਗੇ।

Leave a Reply

Your email address will not be published. Required fields are marked *