30/07/2026
images (16)

ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਪ੍ਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ 5 ਅਪ੍ਰੈਲ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ ਜਹਾਜ਼ ‘ਚ ਸਵਾਰ ਹੋਣ ਤੋਂ ਪਹਿਲਾਂ ਯਾਤਰੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਦੋ ਯਾਤਰੀਆਂ ਨੇ ਸੁਰੱਖਿਆ ਕਰਮਚਾਰੀਆਂ ਨੂੰ ਹਵਾਈ ਅੱਡੇ ਨੂੰ ਪ੍ਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਏਅਰਪੋਰਟ ‘ਤੇ ਖਲਬਲੀ ਮੱਚ ਗਈ।

ਪੁਲਿਸ ਨੇ ਦੱਸਿਆ ਕਿ ਦੋਵਾਂ ਯਾਤਰੀਆਂ ਨੂੰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦਿੱਲੀ ਪੁਲਿਸ ਨੇ ਅੱਗੇ ਦੱਸਿਆ ਕਿ ਦੋਵਾਂ ਖਿਲਾਫ ਹਵਾਈ ਅੱਡਾ ਪੁਲਿਸ ਸਟੇਸ਼ਨ ‘ਚ ਧਾਰਾ 182/505 (1)ਬੀ ਤਹਿਤ ਐਫਆਈਆਰ ਦਰਜ ਕੀਤੀ ਹੈ। ਹਾਲਾਂਕਿ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਅਲਰਟ ਹੋ ਗਈ ਹੈ। IGI ਹਵਾਈ ਅੱਡਾ ਦੇਸ਼ ਦੇ ਸਭ ਤੋਂ ਵਿਅਸਤ ਹਵਾਈ ਅੱਡਿਆਂ ਵਿੱਚੋਂ ਇੱਕ ਹੈ ਤੇ ਦੁਨੀਆ ਦੇ ਕਈ ਵੱਡੇ ਸ਼ਹਿਰਾਂ ਨੂੰ ਰਾਜਧਾਨੀ ਨਾਲ ਜੋੜਦਾ ਹੈ।

ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਜਦੋਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅਜਿਹੀਆਂ ਧਮਕੀਆਂ ਪਹਿਲਾਂ ਵੀ ਦਿੱਤੀਆਂ ਜਾ ਚੁੱਕੀਆਂ ਹਨ। ਇਸ ‘ਚ ਤਾਜ਼ਾ ਘਟਨਾ ਫਰਵਰੀ ਦੀ ਹੈ, ਜਦੋਂ ਕੋਲਕਾਤਾ ਜਾਣ ਵਾਲੀ ਫਲਾਈਟ ‘ਚ ਬੰਬ ਹੋਣ ਦੀ ਸੂਚਨਾ ਮਿਲੀ ਸੀ। 27 ਫਰਵਰੀ ਨੂੰ ਤੜਕੇ ਹਵਾਈ ਅੱਡੇ ‘ਤੇ ਫੋਨ ਆਇਆ ਕਿ ਕੋਲਕਾਤਾ ਜਾਣ ਵਾਲੀ ਫਲਾਈਟ ‘ਚ ਬੰਬ ਰੱਖਿਆ ਗਿਆ ਹੈ। ਇਸ ਤੋਂ ਬਾਅਦ ਅਧਿਕਾਰੀਆਂ ਨੇ ਫੌਰੀ ਤੌਰ ‘ਤੇ ਹਵਾਈ ਅੱਡੇ ਸਮੇਤ ਜਹਾਜ਼ ਦੀ ਜਾਂਚ ਕੀਤੀ, ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਬਾਅਦ ਵਿੱਚ ਪਤਾ ਲੱਗਾ ਕਿ ਕਿਸੇ ਨੇ ਬੰਬ ਹੋਣ ਦੀ ਝੂਠੀ ਖ਼ਬਰ ਦਿੱਤੀ ਸੀ। 

Leave a Reply

Your email address will not be published. Required fields are marked *