30/07/2026
1222-1

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਲਾਉਣ ਦੀ ਅਪੀਲ ਕੀਤੀ। ਸੂਬੇ ਵਿੱਚ ਪੌਦੇ ਲਾਉਣ ਦੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤਕਰੀਬਨ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ ਆਉਂਦੇ ਦਿਨਾਂ ਵਿੱਚ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਰਗਰਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ, ਉਸੇ ਤਰ੍ਹਾਂ ਉਹ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਵੀ ਵੱਡੀ ਭੂਮਿਕਾ ਨਿਭਾ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਕੁੱਲ 1.2 ਕਰੋੜ ਪੌਦੇ ਲਾਏ ਗਏ ਸਨ ਅਤੇ ਇਸ ਸਾਲ ਇਹ ਟੀਚਾ ਵਧਾ ਕੇ ਤਿੰਨ ਕਰੋੜ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਬੂਟੇ ਲਾਉਣ ਦੀ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਸੂਬੇ ਭਰ ਵਿੱਚ ਜੰਗਲਾਤ ਅਧੀਨ ਖੇਤਰ ਨੂੰ ਵਧਾਇਆ ਜਾ ਸਕੇ। ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖਾਲੀ ਪਈ ਸਰਕਾਰੀ ਜ਼ਮੀਨ ਦੀ ਸ਼ਨਾਖਤ ਕਰ ਕੇ ਉਥੇ ਵੱਧ ਤੋਂ ਵੱਧ ਬੂਟੇ ਲਾਉਣਾ ਯਕੀਨੀ ਬਣਾਉਣ।

Leave a Reply

Your email address will not be published. Required fields are marked *