29/07/2026
10_36_42566575811

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਇੱਕ ਪਾਸੇ ਇਸ ਵਾਰ ਗੁਜਰਾਤ ਸਮੇਤ ਕਈ ਜ਼ਿਲ੍ਹਿਆਂ ਦੀ ਪੁਲਿਸ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦਾ ਵਿਰੋਧ ਕਰਨ ਲਈ ਕਿਸਾਨਾਂ ਨੇ ਯੋਜਨਾਵਾਂ ਤਿਆਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਦੂਜੇ ਪਾਸੇ ਇਸ ਵਾਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਸੁਰੱਖਿਆ ਏਜੰਸੀਆਂ ਇਸ ਵਾਰ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਉਠਾਉਣਾ ਚਾਹੁੰਦੀਆਂ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿੱਚ ਚੋਣ ਰੈਲੀ ਕਰਨਗੇ। ਪੀਐੱਮ ਦੀ ਰੈਲੀ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਨੇ ਰੈਲੀ ਵਾਲੀ ਥਾਂ ਦਾ ਬਲਿਊ ਪ੍ਰਿੰਟ ਤਿਆਰ ਕਰ ਲਿਆ ਹੈ ਅਤੇ ਇੱਥੇ 4 ਲੇਅਰ ਸੁਰੱਖਿਆ ਦੀ ਤਿਆਰੀ ਕਰ ਲਈ ਹੈ। ਰੈਲੀ ਵਾਲੀ ਥਾਂ ਦਾ ਹਰ ਕੋਨਾ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਕੈਮਰਿਆਂ ਦੇ ਰਾਡਾਰ ਹੇਠ ਹੋਵੇਗਾ। ਅਗਲੇ ਦਿਨ 24 ਮਈ ਨੂੰ ਪ੍ਰਧਾਨ ਮੰਤਰੀ ਗੁਰਦਾਸਪੁਰ ਅਤੇ ਜਲੰਧਰ ਵਿੱਚ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ।

ਪੰਜਾਬ ਪੁਲਿਸ ਦੇ ਕੁੱਲ 4200 ਕਰਮਚਾਰੀ ਅਤੇ ਅਧਿਕਾਰੀ ਇਸ ਪੂਰੀ ਸੁਰੱਖਿਆ ਵਿੱਚ ਜੁਟਣਗੇ। ਇਸ ਵਿੱਚ ਦੋ DGP ਅਤੇ ਪੰਜ ADGP ਪੱਧਰ ਦੇ ਅਧਿਕਾਰੀ ਸ਼ਾਮਲ ਹੋਣਗੇ। ਇਸੇ ਤਰ੍ਹਾਂ 9 IG-DIG ਅਤੇ ਹੋਰ SP ਅਤੇ SSP ਪੱਧਰ ਦੇ ਅਧਿਕਾਰੀ 23 ਅਤੇ 24 ਤਰੀਕ ਨੂੰ ਤਾਇਨਾਤ ਕੀਤੇ ਜਾਣਗੇ।

ਤੁਹਾਨੂੰ ਦੱਸ ਦੇਈਏ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਜਦੋਂ ਪ੍ਰਧਾਨ ਮੰਤਰੀ ਫ਼ਿਰੋਜ਼ਪੁਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਆਏ ਸਨ ਤਾਂ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਕਿਸਾਨਾਂ ਨੇ ਰੋਕ ਲਿਆ ਸੀ, ਜਿਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਜਾਰੀ ਹੈ। ਹੁਣ ਤੱਕ ਹੋਈ ਜਾਂਚ ਵਿੱਚ ਪੰਜਾਬ ਦੇ ਆਈਏਐਸ ਅਤੇ ਆਈਪੀਐਸ ਅਧਿਕਾਰੀ ਵੀ ਦੋਸ਼ੀ ਪਾਏ ਗਏ ਹਨ। ਅਜਿਹੇ ‘ਚ ਹੁਣ ਕੋਈ ਵੀ ਅਧਿਕਾਰੀ ਰਿਸਕ ਲੈਣ ਨੂੰ ਤਿਆਰ ਨਹੀਂ ਹੈ।

Leave a Reply

Your email address will not be published. Required fields are marked *